ਚੰਡੀਗੜ੍ਹ,1 ਜੂਨ,ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅੱਜ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਮੀਟਿੰਗ ਬਹੁਤ ਅਹਿਮ ਮੰਨੀ ਜਾ ਰਹੀ ਹੈ। ਇਸ ਵਾਰ ਹਰਿਆਣਾ ਦੇ ਕਈ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲ ਸਕਦੀ ਹੈ।ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਹੋਣਗੇ। ਪਰ ਫਿਲਹਾਲ ਸੀਐਮ ਪੰਜਾਬ ਭਗਵੰਤ ਮਾਨ ਦੇ ਇਸ ਮੀਟਿੰਗ ‘ਚ ਸ਼ਾਮਲ ਹੋਣ ਨੂੰ ਲੈ ਕੇ ਭੰਬਲਭੂਸਾ ਦਾ ਮਾਹੌਲ ਹੈ। ਉਂਜ ਅੱਜ ਹੋਣ ਵਾਲੀ ਮੀਟਿੰਗ ਵਿੱਚ ਦੋਵਾਂ ਰਾਜਾਂ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਦਿੱਤੀ ਜਾਣ ਵਾਲੀ ਗਰਾਂਟ ਸਬੰਧੀ ਵਿਸਥਾਰਪੂਰਵਕ ਚਰਚਾ ਹੋਣੀ ਹੈ। ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕਈ ਕਾਲਜਾਂ ਨੂੰ ਮਾਨਤਾ ਮਿਲਣ ਤੋਂ ਬਾਅਦ ਪੀਯੂ ਨੂੰ ਹਰਿਆਣਾ ਵੱਲੋਂ 40 ਫੀਸਦੀ ਗ੍ਰਾਂਟ ਦੇਣ ਬਾਰੇ ਵੀ ਚਰਚਾ ਕੀਤੀ ਜਾਵੇਗੀ।