ਦਿੱਲੀ,15 ਜੂਨ,ਦੇਸ਼ ਕਲਿਕ ਬਿਊਰੋ:
ਕੈਨੇਡਾ ’ਚ ਪੜ੍ਹਾਈ ਕਰਨ ਗਏ ਪੰਜਾਬੀ ਵਿਦਿਆਰਥੀਆਂ ਨੂੰ ਆਰਜ਼ੀ ਤੌਰ ’ਤੇ ਰਾਹਤ ਮਿਲ ਗਈ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਹੈ ਕਿ ਫਿਲਹਾਲ ਕੌਮਾਂਤਰੀ ਵਿਦਿਆਰਥੀਆਂ ਨੂੰ ਡਿਪੋਰਟ ਨਹੀਂ ਕੀਤਾ ਜਾਵੇਗਾ ਤੇ ਇਕ ਟਾਸਕ ਫੋਰਸ ਹਰ ਕੇਸ ਦੀ ਜਾਂਚ ਕਰੇਗੀ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਧੋਖਾਧੜੀ ਦਾ ਸ਼ਿਕਾਰ ਪਾਇਆ ਗਿਆ, ਉਨ੍ਹਾਂ ਨੂੰ ਕੈਨੇਡਾ ’ਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਜਿਨ੍ਹਾਂ ਨੂੰ ਦੋਸ਼ੀ ਪਾਇਆ ਗਿਆ, ਉਨ੍ਹਾਂ ਖਿਲਾਫ਼ ਕੈਨੇਡਾ ਦੇ ਕਾਨੂੰਨ ਤਹਿਤ ਸਜ਼ਾ ਦਿੱਤੀ ਜਾਵੇਗੀ।ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਹਾਲ ‘ਚ ਹੀ ਕਰੀਬ 700 ਭਾਰਤੀਆਂ ਨੂੰ ਡਿਪੋਰਟੇਸ਼ਨ ਪੱਤਰ ਜਾਰੀ ਕੀਤੇ ਸਨ। ਇਨ੍ਹਾਂ ’ਚੋਂ ਜ਼ਿਆਦਾਤਰ ਪੰਜਾਬੀ ਸਨ। ਇਨ੍ਹਾਂ ਵਿਦਿਆਰਥੀਆਂ ਕੋਲ ਕੈਨੇਡਾ ਦੀਆਂ ਯੂਨੀਵਰਸਿਟੀਆਂ ਦੇ ਜਾਅਲੀ ਦਸਤਾਵੇਜ਼ ਮਿਲੇ ਸਨ। ਇਹ ਮਾਮਲਾ ਕੈਨੇਡਾ ਦੀ ਸੰਸਦ ’ਚ ਵੀ ਉੱਠਿਆ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਦੋਸ਼ੀਆਂ ਦਾ ਪਤਾ ਕਰਨ ’ਤੇ ਹੋਵੇਗਾ, ਨਾ ਕਿ ਪੀੜਤਾਂ ਨੂੰ ਸਜ਼ਾ ਦੇਣ ’ਤੇ। ਟਰੂਡੋ ਨੇ ਕਿਹਾ ਸੀ ਕਿ ਪੀੜਤਾਂ ਨੂੰ ਖੁਦ ਨੂੰ ਬੇਕਸੂਰ ਸਾਬਿਤ ਕਰਨ ਦਾ ਮੌਕਾ ਦਿੱਤਾ ਜਾਵੇਗਾ।