ਸ਼੍ਰੀਨਗਰ,23 ਜੂਨ,ਦੇਸ਼ ਕਲਿਕ ਬਿਊਰੋ:
ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਲੇ ਦੇ ਮਾਛਿਲ ਸੈਕਟਰ ਦੇ ਕਾਲਾ ਜੰਗਲ 'ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕਸ਼ਮੀਰ ਜ਼ੋਨ ਪੁਲਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੌਜ ਅਤੇ ਪੁਲਸ ਨੇ ਇਕ ਸਾਂਝੇ ਆਪਰੇਸ਼ਨ 'ਚ ਮਾਛਿਲ ਦੇ ਕਾਲਾ ਜੰਗਲ 'ਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅੱਤਵਾਦੀ ਪੀਓਜੇਕੇ ਤੋਂ ਭਾਰਤੀ ਸਰਹੱਦ ਵੱਲ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।ਇਸ ਦੌਰਾਨ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਨੇ ਸਬੰਧਤ ਇਲਾਕੇ ਨੂੰ ਘੇਰ ਲਿਆ ਹੈ। ਮੌਕੇ 'ਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।ਇਸ ਤੋਂ ਪਹਿਲਾਂ ਬੀਤੀ 16 ਜੂਨ ਨੂੰ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਸੁਰੱਖਿਆ ਬਲਾਂ ਨੇ ਪੰਜ ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਰਾਤ ਭਰ ਹੋਏ ਮੁਕਾਬਲੇ 'ਚ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ ਸੀ ਤੇ ਪੂਰੇ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਗਿਆ ਸੀ।