ਚੰਡੀਗੜ੍ਹ, 30 ਮਈ, ਦੇਸ਼ ਕਲਿੱਕ ਬਿਊਰੋ :
ਭਾਰਤੀ ਮੁੱਕੇਬਾਜ਼ ਸਵੀਟੀ ਬੂਰਾ ਨੇ ਹਾਲ ਹੀ ਵਿੱਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਵੱਲੋਂ ਇਹ ਤਗਮਾ ਕੇਂਦਰੀ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਲੈ ਕੇ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਸ ਤਗਮੇ ਨੂੰ ਕਿਸਾਨਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਲੈਣ।
ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਖੇਤੀ ਬਾਰੇ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਲੈ ਕਿ ਪਿਛਲੇ ਛੇ ਮਹੀਨਿਆਂ ਤੋਂ ਕਿਸਾਨਾਂ ਦਿੱਲੀ ਦੇ ਬਰਾਡਰ ਉਤੇ ਪੱਕਾ ਮੋਰਚਾ ਲਾਇਆ ਹੈ। ਇਸ ਸਮੇਂ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ।