ਜੰਮੂ ਕਸ਼ਮੀਰ ,ਅਸਾਮ ਤੇ ਮਣੀਪੁਰ ਵਿਖੇ ਨਾ ਜਾਣ ਦੀ ਸਲਾਹ
ਓਟਾਵਾ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਉਂਦਿਆਂ ਇਕ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ। ਇਸ ਦੇ ਜਵਾਬ ਵਿੱਚ ਭਾਰਤ ਨੇ ਵੀ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ।ਇਸ ਤੋਂ ਬਾਅਦ ਮੰਗਲਵਾਰ ਰਾਤ ਨੂੰ ਦੋ ਵੱਡੀਆਂ ਘਟਨਾਵਾਂ ਵਾਪਰੀਆਂ। ਪਹਿਲੀ,ਇੱਕ ਨਿਊਜ਼ ਏਜੰਸੀ ਨੇ ਕੈਨੇਡਾ ਸਰਕਾਰ ਦੇ ਹਵਾਲੇ ਨਾਲ ਇਹ ਖਬਰ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿਚ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਉਥੇ ਨਾ ਜਾਣ ਲਈ ਕਿਹਾ ਹੈ। ਅੱਤਵਾਦ ਅਤੇ ਅਗਵਾ ਹੋਣ ਦਾ ਖਤਰਾ ਹੈ। ਇਸ ਤੋਂ ਇਲਾਵਾ ਅਸਾਮ ਅਤੇ ਮਣੀਪੁਰ ਨਾ ਜਾਣ ਦੀ ਵੀ ਸਲਾਹ ਦਿੱਤੀ ਗਈ ਹੈ। ਇਹ ਪਹਿਲਾਂ ਜਾਰੀ ਕੀਤੀ ਗਈ ਐਡਵਾਈਜ਼ਰੀ ਦਾ ਅਪਡੇਟ ਸੀ।ਦੂਜੀ, ਕੈਨੇਡਾ ਦੇ ਸਭ ਤੋਂ ਵੱਡੇ ਅਖਬਾਰ ‘ਟੋਰਾਂਟੋ ਸਟਾਰ’ ਨੇ ਟਰੂਡੋ ਦਾ ਬਿਆਨ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਸਰਕਾਰ ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੀ ਪਰ ਭਾਰਤ ਨੂੰ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।ਇਸ ਦੌਰਾਨ ਕੈਨੇਡੀਅਨ ਵਿਰੋਧੀ ਧਿਰ ਭਾਰਤ ਨਾਲ ਟਕਰਾਅ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਟਰੂਡੋ ਤੋਂ ਦੂਰੀ ਬਣਾ ਰਹੀ ਜਾਪਦੀ ਹੈ। ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨੂੰ ਸਪੱਸ਼ਟ ਅਤੇ ਸਿੱਧੀ ਗੱਲ ਕਰਨੀ ਚਾਹੀਦੀ ਹੈ। ਜੇਕਰ ਉਨ੍ਹਾਂ ਕੋਲ ਸਬੂਤ ਹਨ ਤਾਂ ਉਹ ਲੋਕਾਂ ਸਾਹਮਣੇ ਪੇਸ਼ ਕਰਨ। ਅਜਿਹਾ ਹੋਣ 'ਤੇ ਹੀ ਲੋਕ ਫੈਸਲਾ ਕਰ ਸਕਣਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ। ਹੈਰਾਨੀ ਦੀ ਗੱਲ ਇਹ ਹੈ ਕਿ ਟਰੂਡੋ ਕੋਈ ਤੱਥ ਪੇਸ਼ ਨਹੀਂ ਕਰ ਰਹੇ ਹਨ। ਉਨ੍ਹਾਂ ਵੱਲੋਂ ਸਿਰਫ਼ ਬਿਆਨ ਹੀ ਆ ਰਹੇ ਹਨ, ਅਜਿਹਾ ਕੋਈ ਵੀ ਕਰ ਸਕਦਾ ਹੈ।