ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਦਾ ਦੌਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਸੀ। ਬੁੱਧਵਾਰ ਨੂੰ ਭਾਰਤ ਨੇ ਵੀ ਇਸੇ ਤਰ੍ਹਾਂ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਕੈਨੇਡਾ 'ਚ ਚੱਲ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਜਾਂ ਉੱਥੇ ਘੁੰਮਣ ਵਾਲੇ ਨਾਗਰਿਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਹਾਲ ਹੀ ਦੇ ਸਮੇਂ ਵਿੱਚ ਇਹ ਦੇਖਿਆ ਗਿਆ ਹੈ ਕਿ ਕੈਨੇਡਾ ਵਿੱਚ ਮੌਜੂਦ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਇੱਕ ਖਾਸ ਵਰਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਇਸ ਸਥਿਤੀ ਦੇ ਮੱਦੇਨਜ਼ਰ ਅਸੀਂ ਆਪਣੇ ਨਾਗਰਿਕਾਂ ਨੂੰ ਉਨ੍ਹਾਂ ਇਲਾਕਿਆਂ 'ਚ ਜਾਣ ਤੋਂ ਬਚਣ ਦੀ ਸਲਾਹ ਦਿੰਦੇ ਹਾਂ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਹੋਈਆਂ ਹਨ। ਸਾਡਾ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਕੈਨੇਡਾ 'ਚ ਸੁਰੱਖਿਆ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਉਥੇ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਭਾਈਚਾਰਾ ਅਤੇ ਵਿਦਿਆਰਥੀ ਹਾਈ ਕਮਿਸ਼ਨ ਅਤੇ ਕੌਂਸਲੇਟ ਦੀਆਂ ਵੈੱਬਸਾਈਟਾਂ 'ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।