ਓਟਾਵਾ, 21 ਸਤੰਬਰ, ਦੇਸ਼ ਕਲਿਕ ਬਿਊਰੋ :
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਦਾ ਦੌਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਸੀ। ਭਾਰਤ ਨੇ ਵੀ ਬੁੱਧਵਾਰ ਨੂੰ ਅਜਿਹੀ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਸੀ।ਬੁੱਧਵਾਰ ਦੇਰ ਰਾਤ ਕੈਨੇਡਾ ਨੇ ਭਾਰਤ ਦੀ ਐਡਵਾਈਜ਼ਰੀ ਨੂੰ ਰੱਦ ਕਰ ਦਿੱਤਾ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਨੇਕ ਨੇ ਓਟਾਵਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਜ਼ਿਕਰਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਰਹਿੰਦੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ। ਜਿਸ 'ਚ ਕਿਹਾ ਗਿਆ ਸੀ ਕਿ ਕੈਨੇਡਾ 'ਚ ਚੱਲ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਜਾਂ ਉੱਥੇ ਘੁੰਮਣ ਵਾਲੇ ਨਾਗਰਿਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।