ਚੇਨਈ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਤਾਮਿਲਨਾਡੂ ਦੇ ਮਾਰਾਪਲਮ ਨੇੜੇ ਸ਼ਨੀਵਾਰ ਰਾਤ ਨੂੰ ਇੱਕ ਟੂਰਿਸਟ ਬੱਸ 100 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪੁਲਿਸ ਅਤੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ। ਸਾਰੇ ਜ਼ਖਮੀਆਂ ਨੂੰ ਕੂਨੂਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਮੁਤਾਬਕ ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ 5 ਪੁਰਸ਼ ਸ਼ਾਮਲ ਹਨ। ਇਹ ਬੱਸ ਸੂਬੇ ਦੇ ਕੋਇੰਬਟੂਰ ਜ਼ਿਲ੍ਹੇ ਦੇ ਊਟੀ ਤੋਂ ਮੇਟੂਪਲਯਾਮ ਜਾ ਰਹੀ ਸੀ।ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਬੱਸ ਡਰਾਈਵਰ ਨੇ ਸਟੇਅਰਿੰਗ 'ਤੇ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਖਾਈ 'ਚ ਜਾ ਡਿੱਗੀ। ਸਾਰੇ ਜ਼ਖਮੀਆਂ ਨੂੰ ਰੱਸੇ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਕੋਇੰਬਟੂਰ ਜ਼ੋਨ ਦੇ ਡੀਆਈਜੀ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ 55 ਲੋਕ ਸਵਾਰ ਸਨ। ਹਾਦਸੇ ਦੇ ਮੁੱਖ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।