ਨਵੀਂ ਦਿੱਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਦਿੱਲੀ ਦੇ ਰਾਮ ਲੀਲਾ ਗਰਾਉਂਡ ਵਿੱਚ ਇਕ ਰਿਕਾਰਡ ਤੋੜ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਦੇਸ਼ ਭਰ ਤੋਂ ਲੱਖਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿੱਚ ਜਿੱਥੇ ਮੁਲਾਜ਼ਮਾਂ ਦੀਆਂ ਵੱਖ ਵੱਖ ਯੂਨੀਅਨਾਂ ਨੇ ਸ਼ਮੂਲੀਅਤ ਕੀਤੀ ਉਥੇ ਕਿਸਾਨ ਜੱਥੇਬੰਦੀਆਂ ਦੇ ਆਗੂ ਨੇ ਵੀ ਪਹੁੰਚਕੇ ਮਦਦ ਐਲਾਨ ਕੀਤਾ। ਕਿਸਾਨ ਆਗੂਆਂ ਵਿੱਚ ਰਾਕੇਸ਼ ਟਕੈਤ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ ਆਗੂ ਸ਼ਾਮਿਲ ਹੋਏ ਅਤੇ ਪੁਰਾਣੀ ਪੈਨਸ਼ਨ ਦੇ ਹਰ ਸੰਘਰਸ਼ ਵਿੱਚ ਸਾਥ ਦੇਣ ਦਾ ਵਾਅਦਾ ਕੀਤਾ। ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੰਸਦ ਡਾ. ਉਦਿਤ ਰਾਜ, ਰਾਜ ਸਭਾ ਮੈਂਬਰ ਸੰਜੇ ਸਿੰਘ, ਉੱਤਰ ਪ੍ਰਦੇਸ਼ ਦੇ ਸਾਬਕਾ ਕਾਂਗਰਸ ਪ੍ਰਧਾਨ ਅਜੇ ਸਿੰਘ ਲੱਲੂ ਸ਼ਾਮਿਲ ਹੋਏ।
ਰੈਲੀ ਦੀ ਕਾਮਯਾਬੀ ਨੂੰ ਅਤੇ ਰਿਕਾਰਡ ਤੋੜ ਇਕੱਠ ਨੂੰ ਦੇਖਦੇ ਹੋਏ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਬੇਸ਼ ਬਗੇਲ, ਸੰਸਦ ਦਪਿੰਦਰ ਹੁੱਡਾ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਨ, ਕਨ੍ਹਈਆ ਕੁਮਾਰ ਅਤੇ ਸੁਪ੍ਰੀਆ ਸ਼੍ਰੀਨੇਤ ਵਲੋਂ ਪੁਰਾਣੀ ਪੈਨਸ਼ਨ ਦੇ ਹੱਕ ਵਿੱਚ ਟਵੀਟ ਕੀਤਾ। CPFEU ਪੰਜਾਬ ਦੇ ਪ੍ਰਧਾਨ ਅਤੇ NMOPS ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਉਤੇ ਸਵਾਲ ਚੁੱਕਦਿਆਂ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਸਾਹਮਣੇ ਪੰਜਾਬ ਦੇ ਮੁਲਾਜ਼ਮਾਂ ਦਾ ਮਸਲਾ ਵੀ ਚੁੱਕਿਆ। CPFEU ਪੰਜਾਬ ਵੱਲੋਂ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 28 ਦਸੰਬਰ ਨੂੰ ਮੁਹਾਲੀ ਵਿਖੇ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਰੈਲੀ ਕਰਕੇ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਏਗਾ ਤਾਂ ਕਿ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮਜਬੂਰ ਕੀਤਾ ਜਾ ਸਕੇ।