ਨਵੀਂ ਦਿੱਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਕ੍ਰਿਕਟ ਦਾ ਵਿਸ਼ਵ ਕੱਪ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟੂਰਨਾਮੈਂਟ ਦੀ ਸ਼ੁਰੂਆਤ ਅੱਜ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੌਜੂਦਾ ਵਿਸ਼ਵ ਚੈਂਪੀਅਨ ਇੰਗਲੈਂਡ ਅਤੇ ਉਪ ਜੇਤੂ ਨਿਊਜ਼ੀਲੈਂਡ ਵਿਚਾਲੇ ਮੈਚ ਨਾਲ ਹੋਵੇਗੀ। ਰਾਊਂਡ ਰੌਬਿਨ ਪੜਾਅ 'ਚ 45 ਮੈਚ ਖੇਡੇ ਜਾਣਗੇ, ਜਦਕਿ ਤਿੰਨ ਮੈਚ ਨਾਕਆਊਟ ਪੜਾਅ 'ਚ ਹੋਣਗੇ। ਭਾਵ ਕੁੱਲ 48 ਮੈਚ ਖੇਡੇ ਜਾਣਗੇ। ਟੂਰਨਾਮੈਂਟ ਦਾ ਫਾਈਨਲ 19 ਨਵੰਬਰ ਨੂੰ ਖੇਡਿਆ ਜਾਵੇਗਾ। ਇਹ ਵਨਡੇ ਵਿਸ਼ਵ ਕੱਪ ਦਾ 13ਵਾਂ ਐਡੀਸ਼ਨ ਹੈ।ਪਿਛਲੇ ਵਨਡੇ ਵਿਸ਼ਵ ਕੱਪ ਦੀ ਤਰ੍ਹਾਂ ਇਸ ਵਾਰ ਵੀ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਮੇਜ਼ਬਾਨ ਭਾਰਤ ਤੋਂ ਇਲਾਵਾ ਮੌਜੂਦਾ ਚੈਂਪੀਅਨ ਇੰਗਲੈਂਡ, ਉਪ ਜੇਤੂ ਨਿਊਜ਼ੀਲੈਂਡ, ਆਸਟ੍ਰੇਲੀਆ, ਪਾਕਿਸਤਾਨ, ਦੱਖਣੀ ਅਫਰੀਕਾ, ਸ਼੍ਰੀਲੰਕਾ, ਅਫਗਾਨਿਸਤਾਨ, ਬੰਗਲਾਦੇਸ਼ ਅਤੇ ਨੀਦਰਲੈਂਡ ਵੀ ਟੂਰਨਾਮੈਂਟ ਖੇਡਦੇ ਨਜ਼ਰ ਆਉਣਗੇ।