ਨਵੀਂ ਦਿੱਲੀ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਕਰ ਰਹੀ ਹੈ।ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ 18 ਅਕਤੂਬਰ ਤੱਕ ਵਧਾ ਦਿੱਤੀ ਸੀ।ਅਦਾਲਤ ਨੇ 26 ਮਈ ਨੂੰ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ, ਪਰ ਕਈ ਸ਼ਰਤਾਂ ਵੀ ਲਗਾਈਆਂ ਸਨ। ਅਦਾਲਤ ਨੇ ਕਿਹਾ ਸੀ ਕਿ 'ਆਪ' ਨੇਤਾ ਮੀਡੀਆ ਨਾਲ ਗੱਲ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦਿੱਲੀ ਨਹੀਂ ਛੱਡਣਗੇ।ਜੈਨ 31 ਮਈ 2022 ਤੋਂ ਹਿਰਾਸਤ 'ਚ ਸਨ। 6 ਅਪ੍ਰੈਲ, 2023 ਨੂੰ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ, ਉਸਨੇ ਮਈ 2023 ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ, ਜਿੱਥੋਂ ਉਸਨੂੰ 360 ਦਿਨਾਂ ਬਾਅਦ 42 ਦਿਨਾਂ ਲਈ ਜ਼ਮਾਨਤ ਮਿਲੀ ਸੀ।