ਨਵੀਂ ਦਿੱਲੀ: 20 ਦਸੰਬਰ, ਦੇਸ਼ ਕਲਿੱਕ ਬਿਓਰੋ
ਸੰਸਦ ਸਕਿਉਰਿਟੀ ਮਾਮਲੇ ‘ਚ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ। ਲੋਕ ਸਭਾ ਸਪੀਕਰ ਨੇ ਦੋ ਹੋਰ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਦੁਰਵਿਹਾਰ ਲਈ ਮੁਅੱਤਲ ਕਰ ਦਿੱਤਾ। ਹੁਣ ਤੱਕ ਸਰਦ ਰੁੱਤ ਸੈਸ਼ਨ ਵਿੱਚ ਦੋਵਾਂ ਸਦਨਾਂ ਤੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੀ ਗਿਣਤੀ 143 ਤੱਕ ਪਹੁੰਚ ਗਈ ਹੈ।
ਵਿਰੋਧੀ ਧਿਰ ਦੇ ਦੋ ਹੋਰ ਮੈਂਬਰਾਂ ਨੂੰ ਲੋਕ ਸਭਾ ਵਿੱਚ ਤਖਤੀਆਂ ਦਿਖਾਉਣ ਕਾਰਨ ਸੰਸਦ ਦੇ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ। ਸਦਨ ਦੀ ਬੇਅਦਬੀ ਦੇ ਮਾਮਲੇ ਵਿੱਚ ਹੁਣ ਤੱਕ ਕੁੱਲ 97 ਲੋਕ ਸਭਾ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਵੀਰਵਾਰ ਨੂੰ 13, ਸੋਮਵਾਰ ਨੂੰ 33 ਅਤੇ ਮੰਗਲਵਾਰ ਨੂੰ 49 ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।ਰਾਜ ਸਭਾ ਮੈਂਬਰਾਂ ਸਮੇਤ ਹੁਣ ਤੱਕ ਮੁਅੱਤਲ ਮੈਂਬਰਾ ਦੀ ਗਿਣਤੀ 143 ਹੋ ਗਈ ਹੈ। ਫੌਜਦਾਰੀ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲਾਂ 'ਤੇ ਚਰਚਾ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਵਿਰੋਧੀ ਧਿਰ ਦੇ ਦੋ ਮੈਂਬਰਾਂ ਸੀ. ਥਾਮਸ ਅਤੇ ਏ.ਐੱਮ. ਆਰਿਫ ਦਾ ਨਾਂ ਲਿਆ ਅਤੇ ਉਨ੍ਹਾਂ ਨੂੰ ਕੁਰਸੀ ਦੀ ਨਿਰਾਦਰੀ ਲਈ ਸੰਸਦ ਦੇ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਆਰਿਫ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਦੇ ਸੰਸਦ ਮੈਂਬਰ ਹਨ ਅਤੇ ਸੀ. ਥਾਮਸ ਕੇਰਲ ਕਾਂਗਰਸ ਦੇ ਸੰਸਦ ਮੈਂਬਰ ਹਨ।