ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਆਗੂ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਭਾਰਤ ਸਰਕਾਰ ਨੇ ਇਹ ਫੈਸਲਾ ਗੈਰਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਲਿਆ ਹੈ।ਜਿਕਰਯੋਗ ਹੈ ਕਿ ਲੰਡਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਹ ਵਰਤਮਾਨ ਵਿੱਚ ਐਡਮਿੰਟਨ, ਅਲਬਰਟਾ, ਕੈਨੇਡਾ ਵਿੱਚ ਰਹਿੰਦਾ ਹੈ। ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਨੋਟੀਫਿਕੇਸ਼ਨ ਦੇ ਅਨੁਸਾਰ, ਲੰਡਾ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਆਈਈਡੀ ਉਪਕਰਣਾਂ ਦੀ ਨਿਗਰਾਨੀ ਕਰਦਾ ਹੈ। ਲੰਡਾ 9 ਮਈ, 2022 ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਵੀ ਹੈ। ਪੰਜਾਬ ਪੁਲਿਸ ਅਤੇ ਐਨਆਈਏ ਨੇ ਇਸ ਮਾਮਲੇ ਵਿੱਚ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਉਹ ਫਿਲਹਾਲ ਫਰਾਰ ਹੈ ਅਤੇ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਲੰਡਾ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤਾਂ (PKE) ਨਾਲ ਵੀ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਅਨੁਸਾਰ, ਲੰਡਾ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਵੱਖ-ਵੱਖ ਮਾਡਿਊਲਾਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਹਥਿਆਰ, ਆਧੁਨਿਕ ਹਥਿਆਰ, ਵਿਸਫੋਟਕ ਸਪਲਾਈ ਕਰਦਾ ਹੈ। ਪੰਜਾਬ ਦੇ ਨਾਲ-ਨਾਲ ਇਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਅੱਤਵਾਦੀ ਮਾਡਿਊਲ ਸਥਾਪਤ ਕਰਦਾ ਹੈ। ਜਬਰਨ ਵਸੂਲੀ, ਕਤਲ, ਧਮਾਕੇ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵੀ ਸ਼ਾਮਲ ਹਨ। 2021 'ਚ ਲੰਡਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। NIA ਨੇ ਉਸ 'ਤੇ ਇਨਾਮ ਦਾ ਐਲਾਨ ਵੀ ਕੀਤਾ ਹੈ।