ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :
ਬਿਲਕਿਸ ਬਾਨੋ ਗੈਂਗਰੇਪ ਮਾਮਲੇ 'ਚ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ 'ਤੇ ਸੁਪਰੀਮ ਕੋਰਟ ਅੱਜ (8 ਜਨਵਰੀ) ਨੂੰ ਆਪਣਾ ਫੈਸਲਾ ਸੁਣਾਏਗਾ। ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਆਪਣਾ ਫੈਸਲਾ 12 ਅਕਤੂਬਰ 2023 ਨੂੰ ਸੁਰੱਖਿਅਤ ਰੱਖ ਲਿਆ ਸੀ। ਦਰਅਸਲ, ਬਿਲਕਿਸ ਬਾਨੋ ਨੇ ਗੈਂਗਰੇਪ ਦੇ 11 ਦੋਸ਼ੀਆਂ ਦੀ ਰਿਹਾਈ ਦੇ ਖਿਲਾਫ 30 ਨਵੰਬਰ 2022 ਨੂੰ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਪਟੀਸ਼ਨ ਵਿੱਚ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਉਨ੍ਹਾਂ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਦੂਜੀ ਪਟੀਸ਼ਨ 'ਚ ਸੁਪਰੀਮ ਕੋਰਟ ਵੱਲੋਂ ਮਈ 'ਚ ਦਿੱਤੇ ਗਏ ਉਸ ਹੁਕਮ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ, ਜਿਸ 'ਚ ਅਦਾਲਤ ਨੇ ਕਿਹਾ ਸੀ ਕਿ ਦੋਸ਼ੀਆਂ ਦੀ ਰਿਹਾਈ 'ਤੇ ਫੈਸਲਾ ਗੁਜਰਾਤ ਸਰਕਾਰ ਕਰੇਗੀ। ਬਿਲਕਿਸ ਨੇ ਕਿਹਾ ਕਿ ਜਦੋਂ ਮਹਾਰਾਸ਼ਟਰ ਵਿੱਚ ਕੇਸ ਦੀ ਸੁਣਵਾਈ ਚੱਲ ਰਹੀ ਹੈ ਤਾਂ ਗੁਜਰਾਤ ਸਰਕਾਰ ਕਿਵੇਂ ਫੈਸਲਾ ਲੈ ਸਕਦੀ ਹੈ। ਬਿਲਕਿਸ ਨੇ ਸੁਪਰੀਮ ਕੋਰਟ ਤੋਂ ਦੋਵਾਂ ਪਟੀਸ਼ਨਾਂ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ।ਜਿਕਰਯੋਗ ਹੈ ਕਿ ਇਸ ਮਾਮਲੇ ਦੇ ਸਾਰੇ 11 ਦੋਸ਼ੀਆਂ ਨੂੰ 15 ਅਗਸਤ 2022 ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ ਰਿਹਾਅ ਕੀਤਾ ਗਿਆ ਸੀ।