ਨਵੀਂ ਦਿੱਲੀ, 13 ਜਨਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਸ਼ਰਾਬ ਘੁਟਾਲੇ ਵਿੱਚ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ 18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਚੌਥੀ ਵਾਰ ਹੈ ਜਦੋਂ ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 3 ਜਨਵਰੀ, 2 ਨਵੰਬਰ ਅਤੇ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਕੇਜਰੀਵਾਲ ਤਿੰਨੋਂ ਵਾਰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। 3 ਜਨਵਰੀ ਨੂੰ ਕੇਜਰੀਵਾਲ ਨੇ ਈਡੀ ਨੂੰ ਦੱਸਿਆ ਸੀ ਕਿ ਉਹ ਰਾਜ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।ਹੁਣ ਦੇਖਣਾ ਹੋਵੇਗਾ ਕਿ ਕੇਜਰੀਵਾਰ ਇਸ ਚੌਥੇ ਸੰਮਨ ਦੇ ਬਾਅਦ ਈਡੀ ਦੇ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ। ਪਿਛਲੇ ਸੰਮਨ ਦੇ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਈਡੀ ਨੂੰ ਸਹਿਯੋਗ ਕਰਨਾ ਚਾਹੁੰਦੇ ਹਨ ਪਰ ਈਡੀ ਦਾ ਇਹ ਸੰਮਨ ਸਿਆਸਤ ਨਾਲ ਜੁੜਿਆ ਹੋਇਆ ਹੈ। ਇਸ ਚੌਥੇ ਸੰਮਨ ਨੂੰ ਲੈ ਕੇ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।