ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾ ਗਿਆ ਹੈ। ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਅੱਧੀ ਰਾਤ ਨੂੰ ਸੁਣਵਾਈ ਹੋਈ।ਹਾਈਕੋਰਟ ਨੇ ਚੰਡੀਗੜ੍ਹ ਦੇ ਸਰਕਾਰੀ ਵਕੀਲ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਸ਼ਾਮ 5 ਵਜੇ ਤੱਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਕੌਂਸਲਰ ਜਸਬੀਰ ਸਿੰਘ ਨੇ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ ਸੀ।
'ਆਪ' ਨਾਲ ਗਠਜੋੜ ਕਰਕੇ ਉਨ੍ਹਾਂ ਆਪਣਾ ਨਾਂ ਵਾਪਸ ਲੈ ਲਿਆ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੁਲੀਸ ਵੱਲੋਂ ਜਸਬੀਰ ਸਿੰਘ ਨੂੰ ਹੋਟਲ ਵਿੱਚ ਨਾਜਾਇਜ਼ ਬੰਧਕ ਬਣਾ ਕੇ ਰੱਖਿਆ ਜਾ ਰਿਹਾ ਹੈ ਅਤੇ ਉਸ ਨੂੰ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ। ਸੀਨੀਅਰ ਕਾਂਗਰਸੀ ਆਗੂ ਹਰਮੋਹਿੰਦਰ ਸਿੰਘ ਨੇ ਜਸਬੀਰ ਸਿੰਘ ਨੂੰ ਪੁਲਿਸ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਬੰਧਕ ਬਣਾਏ ਜਾਣ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਰਾਤ 1 ਵਜੇ ਜਸਟਿਸ ਅਲੋਕ ਜੈਨ ਨੇ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਨੋਟਿਸ ਜਾਰੀ ਕੀਤਾ। ਚੰਡੀਗੜ੍ਹ ਪ੍ਰਸ਼ਾਸਨ ਅਤੇ ਸਰਕਾਰੀ ਵਕੀਲ ਨੂੰ ਮਾਮਲੇ ਦੀ ਜਾਂਚ ਕਰਕੇ ਅੱਜ ਬੁੱਧਵਾਰ ਸ਼ਾਮ 5 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਨਿਰਧਾਰਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।ਕਾਂਗਰਸੀ ਵਰਕਰ ਰਾਤ ਭਰ ਜਸਬੀਰ ਸਿੰਘ ਬੰਟੀ ਦੇ ਘਰ ਦੇ ਬਾਹਰ ਖੜ੍ਹੇ ਰਹੇ।
ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬੰਟੀ ਦੇ ਘਰ ਅੰਦਰ ਨਹੀਂ ਜਾਣ ਦਿੱਤਾ। ਚੰਡੀਗੜ੍ਹ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮਨੋਜ ਲੁਬਾਣਾ ਤੇ ਹੋਰ ਵਰਕਰਾਂ ਨੇ ਉਥੇ ਡੇਰੇ ਲਾ ਕੇ ਰਾਤ ਕੱਟੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਹੀ ਹੈ।