ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਵਿੱਚ ਮੇਅਰ ਦੀ ਚੋਣ 30 ਜਨਵਰੀ ਨੂੰ ਸਵੇਰੇ 10 ਵਜੇ ਹੋਵੇਗੀ।ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਹ ਫੈਸਲਾ ਸੁਣਾਇਆ। ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਟੀਟਾ ਨੇ ਹਾਈ ਕੋਰਟ ਵਿੱਚ 2 ਪਟੀਸ਼ਨਾਂ ਦਾਇਰ ਕੀਤੀਆਂ ਸਨ। ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਦੀ ਵਿਸਤ੍ਰਿਤ ਰਿਪੋਰਟ ਦਾਇਰ ਕੀਤੀ ਗਈ। ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ।
ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 18 ਜਨਵਰੀ ਨੂੰ ਹੋਣੀਆਂ ਸਨ। ਇਸ ਸਬੰਧੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਕੁਮਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਪਰ ਬੀਤੀ 16 ਜਨਵਰੀ ਨੂੰ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਵੀਰ ਸਿੰਘ ਬੰਟੀ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਸਮੇਂ ਹੰਗਾਮਾ ਹੋ ਗਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਨਿਯੁਕਤ ਚੋਣ ਅਧਿਕਾਰੀ ਅਚਾਨਕ ਬਿਮਾਰ ਹੋ ਗਿਆ। ਇਸ ਕਾਰਨ ਇਹ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ। ਇਸ ਤੋਂ ਬਾਅਦ ਹੀ ਇਹ ਦੋਵੇਂ ਪਟੀਸ਼ਨਾਂ ਅਦਾਲਤ ਵਿੱਚ ਦਾਇਰ ਕੀਤੀਆਂ ਗਈਆਂ ਸਨ।