ਨਵੀਂ ਦਿੱਲੀ, 30 ਜਨਵਰੀ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਇਹ ਮੀਟਿੰਗ ਅੱਜ ਸਵੇਰੇ 11:30 ਵਜੇ ਤੋਂ ਸੰਸਦ ਭਵਨ ਕੰਪਲੈਕਸ ਦੇ ਸੰਸਦ ਲਾਇਬ੍ਰੇਰੀ ਭਵਨ ਵਿੱਚ ਸ਼ੁਰੂ ਹੋਵੇਗੀ। ਇਸ ਵਿੱਚ ਸੰਸਦ ਦੇ ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਫਲੋਰ ਲੀਡਰਾਂ ਨੂੰ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਆਗਾਮੀ ਬਜਟ ਸੈਸ਼ਨ ਦੇ ਸ਼ਾਂਤੀਪੂਰਵਕ ਸੰਚਾਲਨ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਜਾਵੇਗੀ। ਸੰਸਦ ਦਾ ਬਜਟ ਸੈਸ਼ਨ ਭਲਕੇ (31 ਜਨਵਰੀ) ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਅਗਲੇ ਦਿਨ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕਰੇਗੀ। ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੋਵੇਗਾ। ਇਹ ਸੈਸ਼ਨ 9 ਫਰਵਰੀ ਤੱਕ ਚੱਲੇਗਾ।