ਬਰਲਿਨ, 17 ਫਰਵਰੀ, ਦੇਸ਼ ਕਲਿਕ ਬਿਊਰੋ :
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਜਰਮਨੀ 'ਚ ਆਯੋਜਿਤ ਮਿਊਨਿਖ ਸੁਰੱਖਿਆ ਸੰਮੇਲਨ 'ਚ ਹੋਈ। ਇਹ ਕਾਨਫਰੰਸ 16 ਤੋਂ 18 ਫਰਵਰੀ ਤੱਕ ਚੱਲੇਗੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ 'ਤੇ ਚਰਚਾ ਕੀਤੀ। ਦਰਅਸਲ ਜੂਨ 2023 'ਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।
ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਅਸੀਂ ਗਲੋਬਲ ਮੁੱਦਿਆਂ 'ਤੇ ਵੀ ਚਰਚਾ ਕੀਤੀ।