ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਰੇਵਾੜੀ ਵਿੱਚ ਆਟੋ ਪਾਰਟਸ ਬਣਾਉਣ ਵਾਲੀ ਲਾਈਫ ਲਾਂਗ ਫੈਕਟਰੀ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਬਾਇਲਰ ਫਟ ਗਿਆ। ਜਿਸ ਵਿੱਚ 40 ਤੋਂ ਵੱਧ ਮੁਲਾਜ਼ਮ ਝੁਲ਼ਸ ਗਏ। ਇਨ੍ਹਾਂ ਵਿੱਚੋਂ 19 ਗੰਭੀਰ ਮੁਲਾਜ਼ਮਾਂ ਨੂੰ ਰੋਹਤਕ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀਆਂ ਦਾ ਰੇਵਾੜੀ ਦੇ ਟਰਾਮਾ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ।
ਮੁੱਖ ਮੰਤਰੀ ਨਾਇਬ ਸੈਣੀ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਾਂਚ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ, ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੀਸੀ ਨੂੰ ਜ਼ਖਮੀਆਂ ਦਾ ਤੁਰੰਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।