ਨਵੀਂ ਦਿੱਲੀ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰਮੀ ਦੇ ਮੌਸਮ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ। ਇਸ ਵਿੱਚ ਉਨ੍ਹਾਂ ਨੇ ਗਰਮੀ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੇਂਦਰ, ਰਾਜ ਅਤੇ ਜ਼ਿਲਾ ਪੱਧਰ 'ਤੇ ਸਾਰੇ ਸਰਕਾਰੀ ਅਦਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਭਾਰਤੀ ਮੌਸਮ ਵਿਭਾਗ (ਆਈਐਮਡੀ), ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਧਿਕਾਰੀ ਸ਼ਾਮਲ ਹੋਏ।
ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਅਪ੍ਰੈਲ ਤੋਂ ਜੂਨ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਬਾਰੇ ਦੱਸਿਆ ਗਿਆ। ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਗਰਮੀ ਦੀ ਅਜਿਹੀ ਸਥਿਤੀ ਹੋਣ ਦੀ ਜ਼ਿਆਦਾ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਭਾਰਤ ਵਿੱਚ ਅਪ੍ਰੈਲ ਤੋਂ ਜੂਨ ਦੌਰਾਨ ਬਹੁਤ ਜ਼ਿਆਦਾ ਗਰਮੀ ਪੈ ਸਕਦੀ ਹੈ। ਕੇਂਦਰੀ ਅਤੇ ਪੱਛਮੀ ਪ੍ਰਾਇਦੀਪ ਦੇ ਖੇਤਰਾਂ ਵਿੱਚ ਸਥਿਤੀ ਸਭ ਤੋਂ ਖਰਾਬ ਹੋ ਸਕਦੀ ਹੈ। ਇਸ ਦੌਰਾਨ ਦੇਸ਼ ਵਿੱਚ 19 ਅਪ੍ਰੈਲ ਤੋਂ ਸੱਤ ਪੜਾਵਾਂ ਵਿੱਚ ਆਮ ਚੋਣਾਂ ਸ਼ੁਰੂ ਹੋ ਰਹੀਆਂ ਹਨ।