ਲੰਡਨ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬ੍ਰਿਟੇਨ 'ਚ 12 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਸਾਰੇ ਗੱਦੇ ਅਤੇ ਕੇਕ ਫੈਕਟਰੀਆਂ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਸਨ। ਉਨ੍ਹਾਂ 'ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਵੀ ਦੋਸ਼ ਹੈ। ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ।
ਬ੍ਰਿਟੇਨ ਦੇ ਗ੍ਰਹਿ ਦਫਤਰ ਦੇ ਇਕ ਬਿਆਨ ਦੇ ਅਨੁਸਾਰ, ਇਮੀਗ੍ਰੇਸ਼ਨ ਇਨਫੋਰਸਮੈਂਟ ਅਧਿਕਾਰੀਆਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ਵਿਚ ਗੱਦੇ ਦੇ ਕਾਰੋਬਾਰ ਨਾਲ ਸਬੰਧਤ ਇਕ ਯੂਨਿਟ 'ਤੇ ਛਾਪਾ ਮਾਰਿਆ। ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਇੱਥੇ ਨਾਜਾਇਜ਼ ਕੰਮ ਚੱਲ ਰਿਹਾ ਹੈ।
ਬਿਆਨ ਮੁਤਾਬਕ 7 ਭਾਰਤੀਆਂ ਨੂੰ ਇਕ ਗੱਦੇ ਬਣਾਉਣ ਵਾਲੀ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਨੇੜੇ ਦੀ ਕੇਕ ਫੈਕਟਰੀ ਤੋਂ 4 ਲੋਕਾਂ ਨੂੰ ਫੜਿਆ ਗਿਆ। ਇਨ੍ਹਾਂ ਚਾਰਾਂ 'ਤੇ ਵੀ ਵੀਜ਼ਾ ਉਲੰਘਣਾ ਦਾ ਦੋਸ਼ ਹੈ। ਇਸ ਤੋਂ ਇਲਾਵਾ ਇਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।
ਅਧਿਕਾਰੀਆਂ ਮੁਤਾਬਕ ਗ੍ਰਿਫਤਾਰ ਲੋਕਾਂ ਨੂੰ ਕਾਰਵਾਈ ਤੋਂ ਬਾਅਦ ਵਾਪਸ ਭਾਰਤ ਭੇਜਿਆ ਜਾ ਸਕਦਾ ਹੈ। ਇਨ੍ਹਾਂ ਲੋਕਾਂ ਨੂੰ ਕਾਰਵਾਈ ਪੂਰੀ ਹੋਣ ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ।