ਨਵੀਂ ਦਿੱਲੀ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਭਾਰਤੀ ਚੋਣ ਕਮਿਸ਼ਨ (ECI) ਨੇ ਸੋਸ਼ਲ ਮੀਡੀਆ ਪਲੇਟਫਾਰਮ X ਨੂੰ ਚਾਰ ਚੋਣ ਪੋਸਟਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਵਿੱਚ ਵਾਈਐਸਆਰ ਕਾਂਗਰਸ, ਆਪ, ਐਨ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਦੀਆਂ ਪੋਸਟਾਂ ਸ਼ਾਮਲ ਹਨ।
ECI ਨੇ ਕਿਹਾ ਕਿ ਇਨ੍ਹਾਂ ਚਾਰ ਪੋਸਟਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਹਾਲਾਂਕਿ, ਐਕਸ ਨੇ ਇਨ੍ਹਾਂ ਪੋਸਟਾਂ ਨੂੰ ਹਟਾ ਦਿੱਤਾ ਹੈ। ਨਾਲ ਹੀ ਕਿਹਾ ਕਿ ਉਹ ਇਸ ਨਾਲ ਸਹਿਮਤ ਨਹੀਂ ਹਨ ਕਿਉਂਕਿ ਇਹ ਪ੍ਰਗਟਾਵੇ ਦੀ ਆਜ਼ਾਦੀ ਦੇ ਉਲਟ ਹੈ।
ਐਕਸ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਮਾਈਕ੍ਰੋਬਲਾਗਿੰਗ ਸਾਈਟ ਨੂੰ ਚੁਣੇ ਹੋਏ ਨੇਤਾਵਾਂ, ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਖਾਤਿਆਂ ਤੋਂ ਸ਼ੇਅਰ ਕੀਤੀਆਂ ਪੋਸਟਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ।
ਮਾਈਕ੍ਰੋਬਲਾਗਿੰਗ ਸਾਈਟ ਨੇ ਕਿਹਾ ਕਿ ਹੁਕਮਾਂ ਦੀ ਪਾਲਣਾ ਕਰਦੇ ਹੋਏ, ਅਸੀਂ ਚੋਣਾਂ ਪੂਰੀਆਂ ਹੋਣ ਤੱਕ ਇਨ੍ਹਾਂ ਪੋਸਟਾਂ 'ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ, ਅਸੀਂ ECI ਦੀ ਅਜਿਹੀ ਕਾਰਵਾਈ ਨਾਲ ਸਹਿਮਤ ਨਹੀਂ ਹਾਂ।