ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 11 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੀ ਹੈ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਹਨ। ਪਵਨ ਬਾਂਸਲ ਨੂੰ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ 'ਤੇ ਵੀ ਦੋਸ਼ ਲਗਾਏ ਹਨ।
ਜੋਤੀ ਹੰਸ ਨੇ ਕਿਹਾ ਕਿ ਜਦੋਂ ਤੋਂ ਐਚ.ਐਸ.ਲੱਕੀ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ, ਉਦੋਂ ਤੋਂ ਪਾਰਟੀ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਹੀਂ ਹੈ। ਜਦੋਂ ਔਰਤਾਂ ਵੱਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਤਾਂ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਕਾਰਨ ਚੰਡੀਗੜ੍ਹ ਵਿੱਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਵੀ ਸੰਭਵ ਹੈ ਕਿ ਪਾਰਟੀ ਦਾ ਸੂਬਾ ਪ੍ਰਧਾਨ ਹੋਰਨਾਂ ਪਾਰਟੀਆਂ ਨਾਲ ਮਿਲ ਕੇ ਆਪਣੇ ਨਿੱਜੀ ਹਿੱਤਾਂ ਲਈ ਕਾਂਗਰਸ ਨੂੰ ਤਬਾਹ ਕਰਨਾ ਚਾਹੁੰਦਾ ਹੈ।ਇਸ ਲਈ ਉਹ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ।