ਨਵੀਂ ਦਿੱਲੀ: 7 ਮਈ, ਦੇਸ਼ ਕਲਿੱਕ ਬਿਓਰੋ
ਆਬਕਾਰੀ ਨੀਤੀ ਨਾਲ ਜੁੜੇ ਦੋਸ਼ਾਂ ‘ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ‘ਚ ਅੱਜ ਲੰਬੀ ਸੁਣਵਾਈ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਅਤੇ ਕਿਸੇ ਵੇਲੇ ਵੀ ਐਲਾਨਿਆਂ ਜਾ ਸਕਦਾ ਹੈੇ
ਕੇਜਰੀਵਾਲ ਨੇ ਹਾਈਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਨਾ ਕਿ ਆਦਤਨ ਅਪਰਾਧੀ। ਇਸ ਲਈ ਚੋਣਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਹਾਲਾਂਕਿ, ਈਡੀ ਨੇ ਅੰਤਰਿਮ ਜ਼ਮਾਨਤ ਦੇ ਵਿਚਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਨੇਤਾਵਾਂ ਲਈ ਵੱਖਰੇ ਨਿਯਮ ਨਹੀਂ ਹੋ ਸਕਦੇ।
ਅਦਾਲਤ ਨੇ ਜ਼ਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ।
ਦੂਜੇ ਪਾਸੇ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਵੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। 23 ਅਪ੍ਰੈਲ ਨੂੰ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਸੀ। 21 ਮਾਰਚ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ 22 ਮਾਰਚ ਨੂੰ ਰਾਉਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ, ਜਿੱਥੋਂ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ 'ਚ ਬੰਦ ਹਨ।