ਨਵੀਂ ਦਿੱਲੀ, 8 ਮਈ, ਦੇਸ਼ ਕਲਿਕ ਬਿਊਰੋ :
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਸੁਣਵਾਈ ਹੋਵੇਗੀ। 3 ਮਈ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਈਡੀ-ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
ਹਾਈਕੋਰਟ ਤੋਂ ਪਹਿਲਾਂ ਸਿਸੋਦੀਆ ਨੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ 11 ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਕਾਰਵਾਈ ਵਿੱਚ ਵੀ ਦੇਰੀ ਹੋ ਰਹੀ ਹੈ।
ਜਿਕਰਯੋਗ ਹੈ ਕਿ 26 ਫਰਵਰੀ 2023 ਨੂੰ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹਨ। ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ 2024 ਤੱਕ ਵਧਾ ਦਿੱਤੀ ਗਈ ਹੈ।