ਵਾਸਿੰਗਟਨ, 17 ਜੂਨ, ਦੇਸ਼ ਕਲਿਕ ਬਿਊਰੋ :
ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਨਿਖਿਲ ਗੁਪਤਾ ਨੂੰ 16 ਜੂਨ ਨੂੰ ਅਮਰੀਕਾ ਦੇ ਬਰੁਕਲਿਨ ਸਥਿਤ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਨੂੰ ਨਿਊਯਾਰਕ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਨਿਖਿਲ ਨੂੰ ਚੈੱਕ ਗਣਰਾਜ ਦੀ ਪੁਲਿਸ ਨੇ 30 ਜੂਨ 2023 ਨੂੰ ਅਮਰੀਕੀ ਏਜੰਸੀਆਂ ਦੇ ਇਨਪੁਟ ਨਾਲ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਚੈੱਕ ਗਣਰਾਜ ਦੀ ਅਦਾਲਤ ਨੇ ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ 'ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਸ ਦੀ ਹਵਾਲਗੀ ਦਾ ਰਸਤਾ ਸਾਫ਼ ਹੋ ਗਿਆ ਸੀ।
ਅਮਰੀਕੀ ਸਰਕਾਰ ਨੇ ਦੋਸ਼ ਲਾਇਆ ਸੀ ਕਿ ਨਿਊਯਾਰਕ 'ਚ ਪੰਨੂ 'ਤੇ ਜਾਨਲੇਵਾ ਹਮਲਾ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਦੋਸ਼ ਸੀ ਕਿ ਇਸ ਵਿੱਚ ਭਾਰਤ ਦਾ ਹੱਥ ਸੀ।ਕਿਹਾ ਗਿਆ ਕਿ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਹਮਲਾ ਕਿਸ ਦਿਨ ਹੋਣਾ ਸੀ।