ਅੰਮ੍ਰਿਤਸਰ, 24 ਜੂਨ, ਦੇਸ਼ ਕਲਿਕ ਬਿਊਰੋ :
ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਲੜਕੀ ਕਿਰਪਾਨ ਪਹਿਨਣ ਕਾਰਨ ਪ੍ਰੀਖਿਆ ਵਿੱਚ ਨਹੀਂ ਬੈਠ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਇੱਕ ਗੁਰਸਿੱਖ ਲੜਕੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।
ਐਡਵੋਕੇਟ ਧਾਮੀ ਨੇ ਐਤਵਾਰ ਨੂੰ ਹੋਈ ਪ੍ਰੀਖਿਆ ਵਿੱਚ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਗੁਰਸਿੱਖ ਲੜਕੀ ਵਕੀਲ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮਨਮਾਨੀ ਕਾਰਵਾਈ ਕਾਰਨ ਇਕ ਲੜਕੀ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਤੋਂ ਪੰਜ ਕੱਕਾਰਾਂ ਨੂੰ ਵੱਖ ਨਹੀਂ ਕਰ ਸਕਦਾ।09:06 AM