ਮੋਗਾ, 25 ਜੂਨ, ਦੇਸ਼ ਕਲਿਕ ਬਿਊਰੋ :
ਮੋਗਾ ਦੇ ਸਰਕਾਰੀ ਹਸਪਤਾਲ ‘ਚ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਆਸ਼ਾ ਵਰਕਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਵੱਡਾ ਅੰਦੋਲਨ ਛੇੜਨਗੀਆਂ।
ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਮੋਗਾ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਵਰਕਰਾਂ ਸਰਕਾਰੀ ਹਸਪਤਾਲ ਵਿਖੇ ਇਕੱਠੀਆਂ ਹੋਈਆਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠ ਗਈਆਂ। ਇਸ ਦੌਰਾਨ ਉਨ੍ਹਾਂ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਸ਼ਾ ਵਰਕਰ ਸੰਗਠਨ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। 58 ਸਾਲ ਦੀਆਂ ਹੋ ਚੁੱਕੀਆਂ ਵਰਕਰਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਾਡਾ ਇੰਸੈਟਿਵ ਵੀ ਰੋਕ ਦਿੱਤਾ ਗਿਆ ਹੈ। ਜਿਸ ਕਾਰਨ ਅੱਜ ਪੂਰੇ ਪੰਜਾਬ ਵਿੱਚ ਆਸ਼ਾ ਵਰਕਰਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਅਸੀਂ ਸਰਕਾਰ ਨੂੰ ਚੇਤਾਵਨੀ ਵੀ ਦੇ ਰਹੇ ਹਾਂ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।