ਬੱਚਿਆਂ ਲਈ ਭਾਸ਼ਾ ਲੈਬ ਸਮੇਤ ਕਈ ਤਰ੍ਹਾਂ ਦੇ ਸੈਮੀਨਾਰ ਸ਼ੁਰੂ ਕੀਤੇ ਜਾਣਗੇ ਅਤੇ ਅਧਿਆਪਕਾਂ ਨੂੰ ਵੀ ਕੀਤਾ ਜਾਵੇਗਾ ਅਪਗ੍ਰੇਡ
ਮਾਲੇਰਕੋਟਲਾ 25 ਜੂਨ, :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਕਫ਼ ਬੋਰਡ ਵਲੋਂ ਲਗਾਤਾਰ ਨਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ । ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸਨਾਇਆ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬ ਵਕਫ਼ ਬੋਰਡ ਵੱਲੋਂ ਸਕੂਲਾਂ ਵਿੱਚ ਸਿੱਖਿਆ ਅਤੇ ਮੈਡੀਕਲ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਪੰਜਾਬ ਵਕਫ਼ ਬੋਰਡ ਆਪਣੇ ਸਕੂਲਾਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਜਾ ਰਿਹਾ ਹੈ।
ਏ.ਡੀ.ਜੀ.ਪੀ ਐਮ.ਐਫ ਫਾਰੂਕੀ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਅਪਗ੍ਰੇਡ ਕਰਕੇ ਹੀ ਸਿੱਖਿਆ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ।ਹੁਣ ਵਕਫ਼ ਬੋਰਡ ਦੀ ਅਗਵਾਈ ਹੇਠ ਚੱਲ ਰਹੇ ਸਾਰੇ ਸਕੂਲਾਂ ਨੂੰ ਅੰਗਰੇਜ਼ੀ ਮਾਧਿਅਮ ਨਾਲ ਜੋੜਿਆ ਜਾਵੇਗਾ ਅਤੇ ਇਸ ਸਾਲ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਸ ਸੈਸ਼ਨ ਵਿੱਚ ਪਹਿਲੀ ਜਮਾਤ ਤੋਂ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਇਆ ਜਾਵੇਗਾ। ਜਿਸ ਲਈ ਪੰਜਾਬ ਵਕਫ਼ ਬੋਰਡ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਇਸ ਲਈ ਮੌਜੂਦਾ ਅਧਿਆਪਕਾਂ ਦੇ ਹੁਨਰ ਨੂੰ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੂਰੀ ਸਿਖਲਾਈ ਵੀ ਦਿੱਤੀ ਜਾਵੇਗੀ, ਤਾਂ ਜੋ ਉਹ ਆਸਾਨੀ ਨਾਲ ਬੱਚਿਆਂ ਨੂੰ ਪੜ੍ਹਾ ਸਕਣ ਅਤੇ ਸਕੂਲਾਂ ਵਿੱਚ ਭਾਸ਼ਾ ਲੈਬ ਸ਼ੁਰੂ ਕਰਨ ਦੇ ਨਾਲ-ਨਾਲ ਇਮਾਰਤਾਂ ਨੂੰ ਅਪਗ੍ਰੇਡ ਕਰ ਸਕੇ। ਸਕੂਲਾਂ ਵਿੱਚ ਸਿੱਖਿਆ ਨੀਤੀ ਨੂੰ ਲਾਗੂ ਕਰਨ, ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਅਤੇ ਵਿਦਿਆਰਥੀਆਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਆਧੁਨਿਕ ਸਿੱਖਿਆ ਦਾ ਯੁੱਗ ਹੈ ਅਤੇ ਜਿਸ ਵਿੱਚ ਤਕਨੀਕੀ ਅਤੇ ਹੁਨਰ ਸਿੱਖਿਆ ਦੋਵੇਂ ਮਹੱਤਵਪੂਰਨ ਹਨ। ਵਕਫ਼ ਬੋਰਡ ਨੇ ਆਪਣੇ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਵੱਡੀ ਯੋਜਨਾ ਤਿਆਰ ਕੀਤੀ ਹੈ। ਵਿਦਿਆਰਥੀਆਂ ਨੂੰ ਇਸ ਦਾ ਪੂਰਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀਆਂ ਕਈ ਮੰਗਾਂ ਵੀ ਪੂਰੀਆਂ ਹੋ ਚੁੱਕੀਆਂ ਹਨ ਅਤੇ ਜੋ ਵੀ ਉਨ੍ਹਾਂ ਦੀਆਂ ਮੰਗਾਂ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ। ਸਕੂਲਾਂ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਨਜਾਕਤ ਸੀ ਤਾਂ ਜੋ ਵਿਦਿਆਰਥੀ ਆਪਣੇ ਭਵਿੱਖ ਨੂੰ ਸਿਰਜ ਸਕਣ ।
ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਕੁਝ ਸਮਾਂ ਪਹਿਲਾਂ ਵਕਫ਼ ਬੋਰਡ ਵੱਲੋਂ ਹਲੀਮਾ ਹਸਪਤਾਲ ਵਿੱਚ ਆਧੁਨਿਕ ਐਕਸ-ਰੇ ਮਸ਼ੀਨ ਲਗਾਈ ਗਈ ਹੈ, ਜਿਸ ਦਾ ਮਰੀਜ਼ਾਂ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਕਫ਼ ਬੋਰਡ ਵਲੋਂ ਭਵਿੱਖ ਵਿੱਚ ਆਈ.ਏ.ਐਸ ਅਤੇ ਆਈ.ਪੀ.ਐਸ ਦੀ ਸਿਖਲਾਈ ਦੇ ਨਾਲ-ਨਾਲ ਤਕਨੀਕੀ ਹੁਨਰ ਵਿਕਾਸ ਕੋਰਸ ਸ਼ੁਰੂ ਕਰਕੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਦੀ ਵੀ ਯੋਜਨਾ ਉਲੀਕੀ ਜਾ ਰਹੀ ਹੈ ।