ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ 87 ਦਿਨਾਂ ਤੋਂ ਤਿਹਾੜ 'ਚ ਬੰਦ ਹਨ। ਹਾਲਾਂਕਿ ਉਹ 10 ਮਈ ਤੋਂ 2 ਜੂਨ ਤੱਕ 21 ਦਿਨਾਂ ਲਈ ਪੈਰੋਲ 'ਤੇ ਰਹੇ ਸੀ।
ਸੀਬੀਆਈ ਨੇ ਅੱਜ ਬੁੱਧਵਾਰ ਸਵੇਰੇ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ (ਟਰਾਇਲ ਕੋਰਟ) ਵਿੱਚ ਪੇਸ਼ ਕੀਤਾ ਸੀ, ਜਿੱਥੇ ਏਜੰਸੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀਬੀਆਈ ਨੇ 25 ਜੂਨ ਦੀ ਰਾਤ 9 ਵਜੇ ਤਿਹਾੜ ਜ਼ੇਲ੍ਹ ਜਾ ਕੇ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।