ਨਵੀਂ ਦਿੱਲੀ, 28 ਜੂਨ, ਦੇਸ਼ ਕਲਿਕ ਬਿਊਰੋ :
ਵੀਰਵਾਰ-ਸ਼ੁੱਕਰਵਾਰ ਦੀ ਦੇਰ ਰਾਤ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਦਿੱਲੀ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਤੇਜ਼ ਹਵਾ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਦੇ ਟਰਮੀਨਲ-1 'ਤੇ ਸਵੇਰੇ ਕਰੀਬ 5 ਵਜੇ ਛੱਤ ਦਾ ਕੁਝ ਹਿੱਸਾ ਡਿੱਗ ਗਿਆ। ਕੁਝ ਵਾਹਨ ਇਸ ਦੇ ਹੇਠਾਂ ਦੱਬ ਗਏ। ਇਸ ਘਟਨਾ 'ਚ 6 ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸਵੇਰੇ 5.30 ਵਜੇ ਛੱਤ ਦਾ ਕੁਝ ਹਿੱਸਾ ਦੇ ਡਿੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹਨ।
ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਇਸ ਦੀ ਨਿਗਰਾਨੀ ਕਰ ਰਿਹਾ ਹਾਂ। ਬਚਾਅ ਕਾਰਜ ਚੱਲ ਰਿਹਾ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਟਰਮੀਨਲ-1 'ਤੇ ਮੌਜੂਦ ਸਾਰੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।