ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ 'ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।
ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ 3 ਵਜੇ ਤੋਂ ਮੀਂਹ ਸ਼ੁਰੂ ਹੋ ਗਿਆ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਵੀ ਬੱਦਲ ਛਾਏ ਹੋਏ ਹਨ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਆਈਐਮਡੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।