ਮਾਨਸਾ, 24 ਜੂਨ (ਦੇਸ਼ ਕਲਿੱਕ ਬਿਓਰੋ)
ਜ਼ਿਲ੍ਹਾ ਮਾਨਸਾ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 211 ਨਸ਼ਾ ਰੋਕੂ ਨਿਗਰਾਨ ਕਮੇਟੀਆਂ ਕਾਰਜਸ਼ੀਲ ਹਨ ਜੋ ਕਿ ਪਿੰਡਾਂ ਵਿੱਚ ਕਾਫ਼ੀ ਚੌਕਸੀ ਰੱਖਦੀਆਂ ਹਨ ਅਤੇ ਨਸ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ 692 ਮੈਂਬਰ ਸ਼ਾਮਲ ਹਨ ਜੋ ਕਿ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਦੀਆਂ ਹਨ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਰੱਖਦੇ ਹੋਏ ਲੋੜ ਮੁਤਾਬਕ ਨਸ਼ਾ ਮੁਕਤੀ ਕੇਂਦਰ ਜਾਂ ਫਿਰ ਓਟ ਕਲੀਨਿਕ ਵਿੱਚ ਯੋਗ ਇਲਾਜ ਕਰਵਾਉਣ ਲਈ ਯਤਨਸ਼ੀਲ ਰਹਿੰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਰਗੀ ਵੱਡੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਵਿੱਚ ਹਰੇਕ ਨਾਗਰਿਕ ਆਪਣਾ ਅਹਿਮ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਓਟ ਕਲੀਨਿਕ, ਨਸ਼ਾ ਛੁਡਾਊ ਕੇਂਦਰ ਸਥਾਪਤ ਕੀਤੇ ਗਏ ਹਨ ਜਿਥੇ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਮੁਫ਼ਤ ਦਵਾਈ ਦੇ ਕੇ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕੇਂਦਰਾਂ ਅੰਦਰ ਦਾਖਲ ਹੋਣ ਵਾਲੇ ਮਰੀਜ਼ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਮਾਹਿਰ ਕਾਊਂਸਲਰਾਂ ਰਾਹੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਯੋਗਾ, ਮੈਡੀਟੇਸ਼ਨ ਆਦਿ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ ਤਾਂ ਕਿ ਨਸ਼ਾ ਕਰਨ ਵਾਲੇ ਵਿਅਕਤੀ ਇਨ੍ਹਾਂ ਕੇਂਦਰਾਂ ਤੋਂ ਸਿਹਤਮੰਦ ਹੋ ਕੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਤੋਂ ਜੁੜ ਕੇ ਖੁਸ਼ਹਾਲ ਜਿੰਦਗੀ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਵੀ ਕਾਰਜਸ਼ੀਲ ਹਨ ਜੋ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਉਪਰਾਲੇ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕ ਡੇਪੋ ਵਲੰਟੀਅਰ ਵਜੋਂ ਜੁੜੇ ਹੋਏ ਹਨ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਕਾਰਾਤਮਕ ਸੋਚ ਅਪਣਾ ਕੇ ਸਮਾਜ ਸੇਵੀ ਸੰਗਠਨਾਂ ਨੂੰ ਵੀ ਲੋਕ ਸੇਵਾ ਦੇ ਇਸ ਕਾਰਜ ਪ੍ਰਤੀ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਸਮਾਜ ਨੂੰ ਖੋਖਲਾ ਕਰ ਰਹੇ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕੀਤਾ ਜਾ ਸਕੇ।