ਚੰਡੀਗੜ੍ਹ, 25 ਮਾਰਚ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਇਸ ਨੂੰ ਮਾਨਵਤਾ 'ਤੇ ਕਾਇਰਾਨਾ ਹਮਲਾ ਕਰਾਰ ਦਿੱਤਾ ਹੈ।
ਬੁੱਧਵਾਰ ਨੂੰ 'ਆਪ' ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ ਧਰਮ, ਰੰਗ-ਨਸਲ, ਦੇਸ਼ ਅਤੇ ਖ਼ਿੱਤਿਆਂ ਦੇ ਭੇਦਭਾਵ ਤੋਂ ਉੱਤੇ ਉੱਠ ਕੇ ਪੂਰੀ ਇੱਕਜੁੱਟਤਾ ਅਤੇ ਇਕਸੁਰਤਾ ਨਾਲ ਮਾਨਵਤਾ ਨੂੰ ਨੋਬਲ ਕੋਰੋਨਾਵਾਇਰਸ ਵਰਗੀ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਜੱਦੋ ਜਹਿਦ ਹੈ, ਤਾਂ ਅਜਿਹੇ ਸਮਿਆਂ 'ਚ ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਘਿਣਾਉਣਾ ਕਾਰਾ ਹੈ। ਇਹ ਚਿੱਟੇ ਲਹੂ ਵਾਲੇ ਹੈਵਾਨਾਂ ਹੱਥੋਂ ਨੇਕ ਕਾਰਜਾਂ ਨੂੰ ਸਮਰਪਿਤ ਇਨਸਾਨੀਅਤ ਦਾ ਕਤਲ ਹੈ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਸ ਮਾਮਲੇ 'ਚ ਤੁਰੰਤ ਅਤੇ ਸਿੱਧੇ ਸਖ਼ਤ ਕੂਟਨੀਤਕ ਦਖ਼ਲ ਦੀ ਮੰਗ ਕੀਤੀ ਹੈ ਤਾਂ ਕਿ ਅਫ਼ਗ਼ਾਨਿਸਤਾਨ 'ਚ ਰਹਿ ਰਹੇ ਸਿੱਖਾਂ, ਹਿੰਦੂਆਂ ਅਤੇ ਹੋਰ ਘੱਟ ਗਿਣਤੀ ਧਾਰਮਿਕ ਭਾਈਚਾਰਿਆਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਇਸ ਦੌਰਾਨ ਫ਼ੋਨ 'ਤੇ ਗੱਲਬਾਤ ਦੌਰਾਨ ਕੇਂਦਰੀ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕਾਬੁਲ ਸਥਿਤ ਭਾਰਤੀ ਦੂਤਾਵਾਸ ਪੂਰੀ ਤਰ੍ਹਾਂ ਸੁਚੇਤ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਮਾਸਟਰ ਬਲੇਦਵ ਸਿੰਘ (ਸਾਰੇ ਵਿਧਾਇਕ) ਨੇ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਤੁਰੰਤ ਲੋੜੀਂਦੇ ਕਦਮ ਚੁੱਕੇ ਅਤੇ ਜ਼ਖਮੀਆਂ ਦੇ ਇਲਾਜ ਅਤੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਦਾ ਪ੍ਰਬੰਧ ਕਰੇ।