ਮਾਨਸਾ, 12 ਜੁਲਾਈ (ਦੇਸ਼ ਕਲਿੱਕ ਬਿਓਰੋ)
ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਵਿਸ਼ੇਸ ਟੀਕਾਕਰਨ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹੇ ਭਰ ਵਿੱਚ 5142 ਨਾਗਰਿਕਾਂ ਦਾ ਟੀਕਾਕਰਨ ਕੀਤਾ ਗਿਆ ਜਿਸ ਨਾਲ ਹੁਣ ਤੱਕ ਟੀਕਾਕਰਨ ਕਰਵਾਉਣ ਵਾਲਿਆਂ ਦੀ ਗਿਣਤੀ 1 ਲੱਖ 21 ਹਜ਼ਾਰ 483 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਟੀਕਾਕਰਨ ਕਰਵਾਉਣ ਲਈ ਲੋਕਾਂ ਵੱਲੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ ਜਿਸ ਨਾਲ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਅਤੇ ਇਸ ਰਫ਼ਤਾਰ ਨਾਲ ਪੂਰੇ ਜ਼ਿਲ੍ਹੇ ਦੇ ਸੌ ਫੀਸਦੀ ਯੋਗ ਨਾਗਰਿਕਾਂ ਦਾ ਟੀਕਾਕਰਨ ਤੇਜ਼ੀ ਨਾਲ ਨੇਪਰੇ ਚੜ੍ਹ ਸਕੇਗਾ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 629 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 2 ਲੱਖ 51 ਹਜ਼ਾਰ 874 ਕੋਰੋਨਾ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 15 ਹਜ਼ਾਰ 543 ਵਿਅਕਤੀ ਕੋਰੋਨਾ ਪਾਜੀਟਿਵ ਆਏ ਸਨ ਅਤੇ ਇਨ੍ਹਾਂ ਵਿੱਚੋਂ 15 ਹਜ਼ਾਰ 200 ਨਾਗਰਿਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਮੰਦ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ ਅਤੇ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ ਤੇ ਸਮਾਜਿਕ ਦੂਰੀ ਜਿਹੀਆਂ ਸਲਾਹਾਂ ਨੂੰ ਅਣਗੌਲਿਆ ਨਹੀਂ ਜਾਣਾ ਚਾਹੀਦਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ 48 ਕੇਸ ਐਕਟਿਵ ਹਨ ਅਤੇ ਕੋਰੋਨਾ ਕਾਰਨ ਅੱਜ ਇੱਕ ਕੀਮਤੀ ਜਾਨ ਚਲੀ ਗਈ ਹੈ ਜਦਕਿ ਇੱਕ ਵਿਅਕਤੀ ਦੀ ਰਿਪੋਰਟ ਪਾਜੀਟਿਵ ਆਈ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ 5 ਜਣਿਆਂ ਨੇ ਕੋਰੋਨਾ ’ਤੇ ਫ਼ਤਿਹ ਪਾਈ ਹੈ ਅਤੇ ਅਸੀਂ ਸਾਰੇ ਸਿਹਤ ਸਾਵਧਾਨੀਆਂ ਨੂੰ ਅਪਣਾ ਕੇ ਹੀ ਤੰਦਰੁਸਤ ਤੇ ਸੁਰੱਖਿਅਤ ਜੀਵਨ ਨੂੰ ਕਾਇਮ ਰੱਖ ਸਕਦੇ ਹਾਂ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ’ਤੇ ਪਿੰਡਾਂ ਤੇ ਸ਼ਹਿਰਾਂ ਵਿਖੇ ਲਗਾਏ ਜਾ ਰਹੇ ਵੈਕਸੀਨੇਸ਼ਨ ਤੇ ਸੈਂਪÇਲੰਗ ਕੈਂਪਾਂ ਵਿੱਚ ਵੱਧ ਤੋਂ ਵੱਧ ਪਹੁੰਚ ਕੀਤੀ ਜਾਵੇ ਤਾਂ ਜੋ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਟੀਕਾਕਰਨ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।