ਨਵੀਂ ਦਿੱਲੀ : 20 ਜੁਲਾਈ, ਦੇਸ਼ ਕਲਿਕ ਬਿਊਰੋ
ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਜੁਲਾਈ ਤੋਂ ਦਿੱਲੀ ਵਿੱਚ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਸ਼ੁਰੂ ਕਰਨ ਦਾ ਪ੍ਰੋਗਰਾਮ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੀ ਅੱਜ ਸੰਸਦ ਜਾਣ ਸੰਬੰਧੀ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਹੋਈ ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 200 ਕਿਸਾਨਾਂ ਦਾ ਜਥਾ 22 ਜੁਲਾਈ ਨੂੰ ਜੰਤਰ ਮੰਤਰ ਵਿਖੇ ਸੰਸਦ ਲਈ ਜਾਵੇਗਾ । ਉਨ੍ਹਾਂ ਕਿਹਾ ਕਿ ਇਜਾਜ਼ਤ ਦੀ ਕੋਈ ਗੱਲ ਨਹੀਂ, ਇਸ ਬਾਰੇ ਵਿਚਾਰ-ਵਟਾਂਦਰੇ ਹੋ ਰਹੇ ਹਨ। ਕਿਸਾਨ ਇਹ ਦਰਸਾਉਣਗੇ ਕਿ ਭਾਰਤੀ ਲੋਕਤੰਤਰ ਨੂੰ ਕਿਸ ਤਰ੍ਹਾਂ ਚਲਾਇਆ ਜਾਣਾ ਚਾਹੀਦਾ ਹੈ, ਤਾਂ ਜੋ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਰੋਸ-ਪ੍ਰਦਰਸ਼ਨ ਦੀਆਂ ਯੋਜਨਾਵਾਂ ਜਥੇਬੰਦਕ, ਅਨੁਸ਼ਾਸਤ ਅਤੇ ਸ਼ਾਂਤਮਈ ਢੰਗ ਨਾਲ ਲਾਗੂ ਕੀਤੀਆਂ ਜਾਣਗੀਆਂ। 200 ਚੁਣੇ ਗਏ ਪ੍ਰਦਰਸ਼ਨਕਾਰੀ ਹਰ ਰੋਜ਼ ਸਿੰਘੂ ਬਾਰਡਰ ਤੋਂ ਆਈਡੀ ਕਾਰਡਾਂ ਸਮੇਤ ਰਵਾਨਾ ਹੋਣਗੇ। ਮੋਰਚੇ ਨੇ ਇਹ ਵੀ ਦੱਸਿਆ ਕਿ ਅਨੁਸ਼ਾਸਨ ਦੀ ਕਿਸੇ ਵੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।