ਨਵੀਂ ਦਿੱਲੀ :10ਅਗਸਤ 2021, ਦੇਸ਼ ਕਲਿੱਕ ਬਿਊਰੋ:
ਅਜੇ ਕੱਲ੍ਹ ਹੀ ਨਵਜੋਤ ਸਿੱਧੂ ਵੱਲੋਂ ਆਪਣੀ ਹੀ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਨੂੰ ਟਵੀਟਾਂ ਰਾਹੀਂ ਕਟਹਿਰੇ ਵਿੱਚ ਖੜ੍ਹਾ ਕਰਨ ਤੋਂ ਬਾਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਕੈਬਨਿਟ ਵਿੱਚ ਫੇਰਬਦਲ ਦੇ ਬਾਰੇ ਵਿਚਾਰ ਕਰਨ ਦੀ ਗੱਲ ਕਹੀ ਗਈ ਹੈ ਪਰ ਅੰਦਰਖਾਤੇ ਕੁਝ ਹੋਰ ਵਿਚਾਰਾਂ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਮੀਟਿੰਗ, ਪਿਛਲੇ ਦਿਨੀਂ ਉਨ੍ਹਾਂ ਦੇ ਪੁਰਾਣੇ ਵਿਰੋਧੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ, ਕਥਿਤ ਤੌਰ ‘ਤੇ 18-ਨੁਕਾਤੀ ਏਜੰਡੇ ਨੂੰ ਲਾਗੂ ਕਰਨ ਬਾਰੇ ਕਾਂਗਰਸ ਮੁਖੀ ਨਾਲ ਅਮਰਿੰਦਰ ਸਿੰਘ ਦੀ ਪਹਿਲੀ ਮੁਲਾਕਾਤ ਵੀ ਕਹੀ ਜਾ ਰਹੀ ਹੈ।
ਅੱਜ ਦੀ ਮੀਟਿੰਗ ਉਨ੍ਹਾਂ ਰਿਪੋਰਟਾਂ ਦੇ ਵਿਚਕਾਰ ਆਈ ਹੈ, ਜਦੋਂ ਅਮਰਿੰਦਰ ਸਿੰਘ ਅਤੇ ਸਿੱਧੂ ਦੋਵਾਂ ਨੇ ਜਨਤਕ ਤੌਰ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਮਤਭੇਦਾਂ ਨੂੰ ਸੁਲਝਾ ਲਿਆ ਹੈ, ਪਰ ਉਨ੍ਹਾਂ ਦੀ ਲੜਾਈ ਲੋਕਾਂ ਦੀ ਨਜ਼ਰ ‘ਚ ਅਜੇ ਜਾਰੀ ਹੈ।
ਇਹ ਸਭ ਕੁਝ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਇਆ ਹੈ। ਅਗਲੇ ਸਾਲ ਦੇ ਪਹਿਲੇ ਅੱਧ ਵਿੱਚ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣੀਆਂ ਹਨ।